ਅਮਰੀਕੀ ਵਿਦੇਸ਼ ਵਿਭਾਗ ਨੇ ਅੱਜ ਕਿਹਾ ਕਿ ਉਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਅਧੀਨ ਵਿਦੇਸ਼ੀ ਨਾਗਰਿਕਾਂ ਦੇ 1,75,000 ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਇਹ ਵਿਭਾਗ ਇਮੀਗ੍ਰੇਸ਼ਨ ਵਿਰੁੱਧ ਸਖ਼ਤ ਕਾਰਵਾਈ ਨੂੰ ਜਾਰੀ ਰੱਖ ਰਿਹਾ ਹੈ ਜਿਸ ਤਹਿਤ ਹਜ਼ਾਰਾਂ ਹੋਰ ਲੋਕਾਂ ਤੋਂ ਯਾਤਰਾ ਅਤੇ ਇਮੀਗ੍ਰੇਸ਼ਨ ਦੇ ਅਧਿਕਾਰ ਖੋਹ ਲਏ ਗਏ ਹਨ। ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਵੀਜ਼ੇ ਰੱਦ ਕਰਨ ਦੀ ਕਾਰਵਾਈ ਉਨ੍ਹਾਂ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਜਿਨ੍ਹਾਂ ਨੇ ਆਪਣੇ ਵੀਜ਼ੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ, ਅਪਰਾਧ ਕੀਤੇ, ਅਮਰੀਕੀ ਨਾਗਰਿਕਾਂ ਵਿਰੁੱਧ ਹਿੰਸਾ ਲਈ ਉਕਸਾਇਆ, ਅਮਰੀਕੀਆਂ ਨਾਲ ਧੋਖਾਧੜੀ ਕੀਤੀ, ਇਮੀਗ੍ਰੇਸ਼ਨ ਪ੍ਰਣਾਲੀ ਦੀ ਦੁਰਵਰਤੋਂ ਕੀਤੀ ਜਾਂ ਕੌਮੀ ਸੁਰੱਖਿਆ ਨੂੰ ਖਤਰਾ ਪੈਦਾ ਕੀਤਾ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਇਹ ਵੀਜ਼ੇ ਲਗਾਤਾਰ ਚੈਕਿੰਗ ਮੁਹਿੰਮਾਂ ਤਹਿਤ ਰੱਦ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਆਪਣੇ ਨਿਯਮਾਂ ਦੀ ਪਾਲਣਾ ਕਰਨ ਅਤੇ ਅਮਰੀਕੀ ਨਾਗਰਿਕਾਂ ਲਈ ਖ਼ਤਰਾ ਨਾ ਬਣਨ।
