ਕੇਂਦਰੀ ਏਜੰਸੀ ਸੀ ਬੀ ਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਸਮੇਤ ਅੱਧੀ ਦਰਜਨ ਹੋਈ ਮੁਲਾਜ਼ਮਾਂ ‘ਤੇ ਕੇਸ ਦਰਜ ਕਰ ਲਿਆ ਹੈ ਅਤੇ ਤਾਜ਼ਾ ਜਾਣਕਾਰੀ ਮੁਤਾਬਿਕ ਸੀ ਬੀ ਆਈ ਵੱਲੋਂ ਇਹਨਾਂ ਕਥਿਤ ਮੁਲਜ਼ਮਾਂ ਨਾਲ ਸਬੰਧਿਤ ਚੰਡੀਗੜ੍ਹ ਅਤੇ ਪੰਜਾਬ ’ਚ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਜਿਨ੍ਹਾਂ ’ਚ ਮੁੱਖ ਮੰਤਰੀ ਦਾ ਕੈਂਪ ਦਫ਼ਤਰ, ਮੁਹਾਲੀ, ਗੁਰਦਾਸਪੁਰ, ਲੁਧਿਆਣਾ,ਪਟਿਆਲਾ ਤੇ ਸੰਗਰੂਰ ਸ਼ਾਮਲ ਹਨ ਅਤੇ ਪਤਾ ਇਹ ਵੀ ਲੱਗਿਆ ਹੈ ਕਿ ਇਨ੍ਹਾਂ ਛਾਪਿਆਂ ਦੌਰਾਨ ਸੀ ਬੀ ਆਈ ਨੇ ਇਨ੍ਹਾਂ ਦੇ ਟਿਕਾਣਿਆਂ ਤੋਂ ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਮੀਡੀਆ ਤੋਂ ਮਿਲ ਰਹੀਆਂ ਰਿਪੋਰਟਾਂ ਮੁਤਾਬਿਕ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ ਐੱਸ ਨਾਗਰਾ ਅਤੇ ਹੋਰ ਅਣਪਛਾਤੇ ਸਰਕਾਰੀ ਅਤੇ ਨਿੱਜੀ ਵਿਅਕਤੀਆਂ ’ਤੇ ਕੇਸ ਦਰਜ ਕਰਨ ਤੋਂ ਬਾਅਦ ਛਾਪੇਮਾਰੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਐਕਸ ’ਤੇ ਟਵੀਟ ਕਰਦਿਆਂ ਕਿਹਾ ਕਿ, ‘‘ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ..’’

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ’ਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਕਥਿਤ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ’ਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਸੀ। ਹਾਈ ਕੋਰਟ ਨੇ ਸੀ ਬੀ ਆਈ ਨੂੰ ਐੱਫ ਆਈ ਆਰ ਦਰਜ ਕਰ ਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਦੇਣ ਦੇ ਹੁਕਮ ਦਿੱਤੇ ਹੋਏ ਹਨ। ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।

ਕੇਸ ਦਰਜ ਕਰਨ ਤੋਂ ਬਾਅਦ ਅਤੇ ਸੀਬੀਆਈ ਦੇ ਛਾਪਿਆਂ ਤੋਂ ਬਾਅਦ ਪੰਜਾਬ ਦਾ ਸਿਆਸੀ ਪਾਰਾ ਕਾਫ਼ੀ ਗਰਮਾ ਗਿਆ ਹੈ ਅਤੇ ਦੂਜੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇਸ ਪੂਰੇ ਵਰਤਾਰੇ ‘ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਨੇ।